ਸੰਧਿਆ ਵੇਲੇ ਦਾ ਹੁਕਮਨਾਮਾ – 15 ਅਕਤੂਬਰ 2023
ਅੰਗ : 668
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
ਵਾਹਿਗੁਰੂ ਜੀ🙏