ਸੰਧਿਆ ਵੇਲੇ ਦਾ ਹੁਕਮਨਾਮਾ – 28 ਮਾਰਚ 2025

ਅੰਗ : 657
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।


Related Posts

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top