ਸੰਧਿਆ ਵੇਲੇ ਦਾ ਹੁਕਮਨਾਮਾ – 9 ਜੂਨ 2023
ਅੰਗ : 628
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥