ਸੰਧਿਆ ਵੇਲੇ ਦਾ ਹੁਕਮਨਾਮਾ – 21 ਦਸੰਬਰ 2023
ਅੰਗ : 674
ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।1। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।2। 16।
🙏|| ਵਾਹਿਗੁਰੂ ਜੀ ||🙏