ਸੇਵਾ ਤੇ ਬੰਦਗੀ ਦੀ ਮਿਸਾਲ ਮਾਤਾ ਖੀਵੀ ਜੀ
ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ ਵਿਖੇ ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਉਸ ਸਮੇਂ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਨਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨਗਰ ਜ਼ਿਲ੍ਹਾ ਤਰਨਤਾਰਨ ਵਿਚ ਸਥਿਤ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੀ ਦਾ ਕੰਮ ਵੀ ਕਰਦੇ ਸਨ। ਬਚਪਨ ਵਿਚ ਹੀ ਸਾਊ, ਮਿਠਬੋਲੜਾ ਅਤੇ ਮਸਤ ਸੁਭਾਅ ਹੋਣ ਕਰਕੇ ਮਾਤਾ-ਪਿਤਾ ਨੇ ਆਪਣੀ ਬੱਚੀ ਦਾ ਨਾਮ ਖੀਵੀ ਰੱਖਿਆ।
ਸੰਨ 1519 ਈ: ਵਿਚ (16 ਮੱਘਰ ਸੰਮਤ 1576) ਮਾਤਾ ਖੀਵੀ ਜੀ ਦਾ ਵਿਆਹ ਖਡੂਰ ਸਾਹਿਬ ਦੇ ਵਾਸੀ ਭਾਈ ਫੇਰੂ ਮੱਲ ਜੀ ਦੇ ਪੁੱਤਰ ਭਾਈ ਲਹਿਣਾ ਜੀ ਨਾਲ ਹੋ ਗਿਆ, ਜੋ ਬਾਅਦ ਵਿਚ ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਬਣੇ। ਵਿਆਹ ਤੋਂ ਬਾਅਦ ਉਹਨਾਂ ਦੇ ਘਰ ਦੋ ਧੀਆਂ ਬੀਬੀ ਅਨੋਖੀ ਜੀ ਤੇ ਬੀਬੀ ਅਮਰੋ ਜੀ ਅਤੇ ਦੋ ਪੁੱਤਰ ਭਾਈ ਦਾਤੂ ਜੀ ਤੇ ਭਾਈ ਦਾਸੂ ਜੀ ਨੇ ਜਨਮ ਲਿਆ। ਭਾਈ ਫੇਰੂ ਮੱਲ ਜੀ ਦੇ ਅਕਾਲ ਚਲਾਣੇ ਮਗਰੋਂ ਭਾਈ ਲਹਿਣਾ ਜੀ ਨੇ ਆਪਣੇ ਪਿਤਾ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਚੰਗੀ ਤਰ੍ਹਾਂ ਸੰਭਾਲੀਆਂ।
ਭਾਈ ਲਹਿਣਾ ਜੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਨੂੰ ਮਿਲੇ ਅਤੇ ਉਹਨਾਂ ਨੇ ਲਗਭਗ 7 ਸਾਲ ਗੁਰੂ ਸਾਹਿਬ ਦੀ ਸੰਗਤ ਕੀਤੀ। ਗੁਰ-ਗੱਦੀ ‘ਤੇ ਬੈਠਣ ਤੋਂ ਬਾਅਦ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਤੋਂ ਗੁਰਮਤਿ ਦਾ ਪ੍ਰਚਾਰ ਸ਼ੁਰੂ ਕੀਤਾ ਤਾਂ ਮਾਤਾ ਖੀਵੀ ਨੇ ਲੰਗਰ ਦੀ ਸੇਵਾ ਦੇ ਸਾਰੇ ਪ੍ਰਬੰਧ ਦੀ ਜ਼ਿੰਮੇਵਾਰੀ ਆਪ ਸੰਭਾਲ ਲਈ। ਮਾਤਾ ਖੀਵੀ ਵੱਲੋਂ ਬਹੁਤ ਵਧੀਆ ਲੰਗਰ ਤਿਆਰ ਕੀਤਾ ਜਾਂਦਾ ਸੀ ਅਤੇ ਸੰਗਤਾਂ ਨੂੰ ਸ਼ਰਧਾ ਨਾਲ ਛਕਾਇਆ ਜਾਂਦਾ ਸੀ। ਮਾਤਾ ਖੀਵੀ ਨੇ ਲੰਗਰ ਦੀ ਸੇਵਾ ਤੋਂ ਇਲਾਵਾ ਸਭ ਲਈ ਪ੍ਰੇਮ ਭਰਿਆ ਵਾਤਾਵਰਣ ਵੀ ਸਿਰਜਿਆ।
ਅੱਜ ਵੀ ਖਡੂਰ ਸਾਹਿਬ ਵਿਖੇ ਮਾਤਾ ਖੀਵੀ ਜੀ ਦਾ ਲੰਗਰ ਚੱਲਦਾ ਹੈ। ਸਿੱਖ ਧਰਮ ਵਿਚ ਸਿਰਫ ਮਾਤਾ ਖੀਵੀ ਜੀ ਹੀ ਅਜਿਹੀ ਔਰਤ ਹਨ, ਜਿਨ੍ਹਾਂ ਦਾ ਜ਼ਿਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਹੋਇਆ ਹੈ। ਭਾਈ ਸੱਤਾ ਅਤੇ ਬਲਵੰਡ ਦੁਆਰਾ ਰਾਮਕਲੀ ਦੀ ਵਾਰ ਅੰਦਰ ਇਉਂ ਵਰਨਣ ਕੀਤਾ ਗਿਆ ਹੈ:
ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ।।
ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤ ਖੀਰਿ ਘਿਲਾਈ।। (ਪੰਨਾ 967)
ਮਾਤਾ ਖੀਵੀ ਜੀ ਨੇ ਗੁਰੂ ਅੰਗਦ ਦੇਵ ਜੀ ਤੋਂ ਬਾਅਦ 30 ਸਾਲ ਜੀਵਨ ਬਤੀਤ ਕੀਤਾ। ਸੰਨ 1582ਈ: ਵਿਚ 75 ਸਾਲ ਦੀ ਉਮਰ ਵਿਚ ਉਹ ਅਕਾਲ ਚਲਾਣਾ ਕਰ ਗਏ। ਉਸ ਸਮੇਂ ਜਦੋਂ ਔਰਤ ਨੂੰ ਆਪਣੇ ਘਰ ਵਿਚ ਵੀ ਬਣਦੀ ਇੱਜ਼ਤ ਨਹੀਂ ਦਿੱਤੀ ਜਾਂਦੀ ਸੀ ਅਤੇ ਉਸ ਨੂੰ ਸਮਾਜ ਵਿਚ ਸਭ ਤੋਂ ਨੀਵੀਂ ਪੋੜੀ ‘ਤੇ ਰੱਖਿਆ ਜਾਂਦਾ ਸੀ, ਗੁਰੂ ਅੰਗਦ ਦੇਵ ਜੀ ਨੇ ਆਪਣੀ ਧਰਮ ਪਤਨੀ ਨੂੰ ਉਸ ਪ੍ਰਥਾ ਦੀ ਜ਼ਿੰਮੇਵਾਰੀ ਸੌਂਪੀ, ਜੋ ਆਉਣ ਵਾਲੇ ਸਮੇਂ ਵਿਚ ਸਿੱਖ ਧਰਮ ਦੀ ਪਹਿਚਾਣ ਬਣਨੀ ਸੀ। ਸ੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਮਾਤਾ ਖੀਵੀ ਜੀ ਨੂੰ ਸੌਂਪੀ ਲੰਗਰ ਦੀ ਸੇਵਾ ਨੂੰ ਮਾਤਾ ਜੀ ਨੇ ਇੰਨੀ ਸਹਿਜਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਕਿ ਅੱਜ ਵੀ ਸਿੱਖ ਧਰਮ ਲੰਗਰ ਪ੍ਰਥਾ ਕਰਕੇ ਪੂਰੀ ਦੁਨੀਆ ਵਿਚ ਜਾਣਿਆ ਜਾਂਦਾ ਹੈ।