30 ਅਪ੍ਰੈਲ – ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਵਿਸ਼ੇਸ
ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ।ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ 23 ਹਾੜ ਸੰਮਤ 1636 ਨੂੰ ਮੌ ਪਿੰਡ (ਤਹਿਸੀਲ ਫਿਲੌਰ) ਦੇ ਵਸਨੀਕ ਸ੍ਰੀ ਕਿਸ਼ਨ ਚੰਦ ਜੀ ਦੀ ਸਪੁੱਤਰੀ ਮਾਤਾ ਗੰਗਾ ਜੀ ਨਾਲ ਹੋਇਆ। ਇਧਰ ਸ੍ਰੀ ਗੁਰੂ ਰਾਮਦਾਸ ਜੀ ਨੇ 1 ਸਤੰਬਰ 1581 ਨੂੰ ਜੋਤੀ ਜੋਤਿ ਸਮਾਉਣ ਵੇਲੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ, ਬਾਬਾ ਬੁੱਢਾ ਸਾਹਿਬ ਜੀ ਹੱਥੋਂ ਗੁਰਿਆਈ ਦਾ ਤਿਲਕ ਬਖਸ਼ਿਸ਼ ਕੀਤਾ ਅਤੇ ਆਪ ਚੌਥੇ ਗੁਰੂ ਉਸੇ ਦਿਨ ਹੀ ਜੋਤੀ ਜੋਤਿ ਸਮਾ ਗਏ। ਉਸ ਵਕਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਮਰ 18 ਸਾਲ ਦੀ ਸੀ। ਦਸਤਾਰਬੰਦੀ ਦੀ ਰਸਮ ਤੋਂ ਬਾਅਦ ਆਪ ਜੀ ਅਕਤੂਬਰ ਮਹੀਨੇ ਸ੍ਰੀ ਅੰਮ੍ਰਿਤਸਰ ਆ ਗਏ।
ਗੁਰੂ ਸਾਹਿਬ ਜੀ ਨੇ ਆਪਣੇ ਗੁਰਗੱਦੀ ਕਾਲ ਵਿਚ, ਸਭ ਤੋਂ ਮਹਾਨ ਕੰਮ ਇਲਾਹੀ ਬਾਣੀ ਰਚਣ ਅਤੇ ਪਹਿਲੇ ਗੁਰੂ ਸਾਹਿਬਾਂ ਦੀ, ਸੰਤਾਂ, ਭਗਤਾਂ ਦੀ ਬਾਣੀ ਨੂੰ ਇਕੱਤਰ ਕਰਨ ਦਾ ਕੀਤਾ। ਇਸ ਮਹਾਨ ਕੰਮ ਨੂੰ ਕਰਨ ਲਈ ਗੁਰੂ ਸਾਹਿਬ ਨੇ ਇਕਾਂਤ ਵਾਸ ਜਗ੍ਹਾ ਸ੍ਰੀ ਰਾਮਸਰ (ਗੁਰਦੁਆਰੇ ਸੁਸ਼ੋਭਿਤ) ਅੰਮ੍ਰਿਤਸਰ ਚੁਣੀ। ਆਪ ਜੀ ਨੇ ਸੰਨ 1601 ਤੋਂ ਲੈ ਕੇ ਅਗਸਤ 1604 ਦੇ ਲੰਮੇ ਅਰਸੇ ਦੌਰਾਨ ਇਹ ਕੰਮ ਸੰਪੂਰਨ ਕੀਤਾ ਅਤੇ ਇੱਕ ਮਹਾਨ ਗ੍ਰੰਥ ਤਿਆਰ ਕੀਤਾ ਜਿਸ ਵਿੱਚ 36 ਮਹਾਂਪੁਰਸ਼ਾਂ ਦੀ ਬਾਣੀ ਅੰਕਿਤ ਕੀਤੀ ਜਿਨ੍ਹਾਂ ਵਿੱਚ ਛੇ ਗੁਰੂ ਸਾਹਿਬਾਨ ਦੀ ਬਾਣੀ, 15 ਭਗਤਾਂ , 11 ਭੱਟਾਂ ਅਤੇ ਚਾਰ ਗੁਰੂ ਘਰ ਦੇ ਸਿੱਖਾਂ ਦੀ ਬਾਣੀ ਦਾ ਸੰਗ੍ਰਹਿ ਤਿਆਰ ਕੀਤਾ। ਇਸ ਸੇਵਾ ਲਈ ਭਾਈ ਗੁਰਦਾਸ ਜੀ ਨੇ ਆਪਣੀ ਲੇਖਣੀ ਦੁਆਰਾ ਮਹਾਨ ਯੋਗਦਾਨ ਪਾਇਆ। ਗੁਰੂ ਸਾਹਿਬ ਜੀ ਨੇ ਆਪਣੀ ਦੇਖ ਰੇਖ ਹੇਠ ਜਿਲਦ ਸਾਜ ਕੀਤੀ ਅਤੇ 30 ਅਗਸਤ 1604 ਨੂੰ ਇਸ ਇਲਾਹੀ ਗ੍ਰੰਥ ਦਾ ਪਹਿਲੀ ਵਾਰ ਦਰਬਾਰ ਸਾਹਿਬ ਅੰਦਰ ਪ੍ਰਕਾਸ਼ ਕੀਤਾ ਗਿਆ, ਬਾਬਾ ਬੁੱਢਾ ਜੀ ਨੇ ਪ੍ਰਥਮ ਗ੍ਰੰਥੀ ਦੇ ਤੌਰ ’ਤੇ ਪਹਿਲਾ ਹੁਕਮਨਾਮਾ ਲਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦੁੱਤੀ ਉਪਦੇਸ਼ਾਂ ਦਾ ਅਸਰ ਮੁਸਲਮਾਨ ਉਲਮਾਵਾਂ ਅਤੇ ਕਾਜ਼ੀਆਂ ਨੇ ਕਬੂਲਿਆ ਕਿਉਂਕਿ ਮੁਸਲਮਾਨ ਕੱਟੜਪੰਥੀ ਆਪਣੇ ਧਰਮ ਦੀ ਬਰਾਬਰੀ ਬਰਦਾਸ਼ਤ ਨਹੀਂ ਕਰ ਸਕਦੇ ਸਨ। ਇਸ ਕੰਮ ਵਿੱਚ ਚੰਦੂ ਦੀ ਈਰਖਾ ਨੇ ਵੀ ਬਹੁਤ ਜ਼ਿਆਦਾ ਰੋਲ ਅਦਾ ਕੀਤਾ ਕਿਉਂਕਿ ਉਸ ਦੀ ਲੜਕੀ ਦਾ ਰਿਸ਼ਤਾ ਗੁਰੂ ਹਰਿਗੋਬਿੰਦ ਸਾਹਿਬ ਨੂੰ ਕਰਨ ਤੋਂ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ ਸੀ।
ਜਹਾਂਗੀਰ ਨੇ ਮੁਰਤਜ਼ਾ ਖਾਨ ਨੂੰ ਕਿਹਾ ਕਿ ਗੁਰੂ ਸਾਹਿਬ ਦਾ ਮਾਲ ਅਸਬਾਬ ਜ਼ਬਤ ਕਰਕੇ ਉਨ੍ਹਾਂ ਨੂੰ ਬਾਗ਼ੀ ਸ਼ਹਿਜ਼ਾਦਾ ਖੁਸਰੋ ਦੀ ਮਦਦ ਕਰਨ ਦੇ ਜ਼ੁਲਮ ਵਿਚ ਉਸ ਦੇ ਸਾਹਮਣੇ ਪੇਸ਼ ਕੀਤਾ ਜਾਵੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਸ ਪੁਸਤਕ ਵਿਚ ਸਿਰਫ ਪਰਮਾਤਮਾ ਦੀ ਉਸਤਤ ਦੇ ਸ਼ਬਦ ਦਰਜ ਕੀਤੇ ਗਏ ਹਨ।
ਅਖੀਰ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ ਗਿਆ, ਇਸ ਕੰਮ ਲਈ ਖਾਸ ਤੌਰ ’ਤੇ ਨਿਰਦਈ ਚੰਦੂ ਨੂੰ ਲਗਾਇਆ ਗਿਆ। ਗੁਰੂ ਸਾਹਿਬ ਨੂੰ ਕਾਨੂੰਨ ਯਾਸਾ ਦੇ ਤਹਿਤ ਸ਼ਹੀਦ ਕਰਨ ਦਾ ਫੈਸਲਾ ਕੀਤਾ ਗਿਆ ਇਸ ਧਾਰਾ ਦੇ ਤਹਿਤ ਇੱਕ ਖਾਸ ਗੱਲ ਦਾ ਧਿਆਨ ਰੱਖਣਾ ਜ਼ਰੂਰੀ ਹੁੰਦਾ ਸੀ ਕਿ ਸ਼ਹੀਦ ਹੋਣ ਵਾਲੇ ਦੇ ਲਹੂ ਦਾ ਇੱਕ ਵੀ ਕਤਰਾ ਧਰਤੀ ਤੇ ਨਾ ਡਿੱਗੇ।ਇਸ ਕਾਨੂੰਨ ਦੀ ਵਰਤੋਂ ਕਿਸੇ ਰੱਬੀ ਰੂਹ ਨੂੰ ਸ਼ਹੀਦ ਕਰਨ ਲਈ ਕੀਤੀ ਜਾਂਦੀ ਸੀ ਕਿਉਂਕਿ ਇਹ ਵਿਸ਼ਵਾਸ ਕੀਤਾ ਜਾਂਦਾ ਸੀ ਕਿ ਜੇਕਰ ਕਿਸੇ ਪਾਕ ਪਵਿੱਤਰ ਰੂਹ ਦੇ ਲਹੂ ਦਾ ਇੱਕ ਵੀ ਕਤਰਾ ਧਰਤੀ ਤੇ ਡਿੱਗਿਆ ਤਾਂ ਓਨੀਆਂ ਈ ਹੋਰ ਪਾਕ ਰੂਹਾਂ ਪੈਦਾ ਹੋਣਗੀਆਂ। ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿੱਚ ਉਬਲਦੇ ਪਾਣੀ ਦੀ ਦੇਗ ਵਿੱਚ ਪਾਇਆ ਗਿਆ। ਪਰ ਗੁਰੂ ਸਾਹਿਬ ਨੇ ‘ਤੇਰਾ ਕੀਆ ਮੀਠਾ ਲਾਗੇ ‘ ਦੀ ਧੁਨੀ ਜਾਰੀ ਰੱਖੀ ਅੰਤ 16 ਮਈ, 1606 ਨੂੰ ਛੇਵੇਂ ਦਿਨ ਗੁਰੂ ਸਾਹਿਬ ਦੇ ਪਾਵਨ ਸਰੀਰ ਨੂੰ ਰਾਵੀ ਦਰਿਆ ਦੇ ਕਿਨਾਰੇ ਲਿਜਾਇਆ ਗਿਆ ਅਤੇ ਰਾਵੀ ਦਰਿਆ ਵਿੱਚ ਰੋੜ੍ਹਿਆ ਗਿਆ। ਅੱਜਕਲ੍ਹ ਉਹ ਜਗ੍ਹਾ ਗੁਰਦੁਆਰਾ ਡੇਹਰਾ ਸਾਹਿਬ ਦੇ ਨਾਮ ਨਾਲ ਜਾਣੀ ਜਾਂਦੀ ਹੈ ਜੋ ਕਿ ਪਾਕਿਸਤਾਨ ਵਿੱਚ ਹੈ।
ਉਮਦਤ ਤਵਾਰੀਕ ਦਾ ਲਿਖਾਰੀ ਲਿਖਦਾ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਲਿਖਣ ਲੱਗਿਆਂ ਕਲਮ ਲਹੂ ਦੇ ਹੰਝੂ ਕੇਰਦੀ ਹੈ, ਅੱਖਾਂ ਰੋਂਦੀਆਂ ਹਨ, ਦਿਲ ਪਾਟਦਾ ਹੈ ਅਤੇ ਜਾਨ ਹੈਰਾਨ ਹੁੰਦੀ ਹੈ।ਅਖੀਰ ਮੈਂ ਆਪਣੇ ਸ਼ਬਦਾਂ ਨੂੰ ਇਹਨਾਂ ਸਤਰਾਂ ਵਿਚ ਸਮੇਟਦੀ ਹਾਂ:
ਜਿਹਨੇ ਸਾਹਾਂ ਦੀ ਪੂੰਜੀ ਸਾਨੂੰ ਦਾਨ ਦਿੱਤੀ,ਉਹਦੇ ਉੱਤੋਂ ਅਸੀਂ ਕੀ ਵਾਰਨਾ ਏਂ
ਆਪਣੀ ਮੱਤ ਗੁਰ ਦੇ ਅੱਗੇ ਰੱਖੋ ,ਜੇ ਖੁਦ ਨੂੰ ਤੁਸੀਂ ਸਵਾਰਨਾ ਏਂ
ਬੰਦੇ ਦੀ ਕੀ ਹਸਤੀ ਅੱਗ ਅੱਗੇ ,ਰਾਖ ਇੱਕ ਪਲ ਵਿਚ ਕਰ ਦੇਵੇ
ਸ਼ਹੀਦਾਂ ਦੇ ਸਰਤਾਜ ਨੂੰ ਪੁੱਛੋ ,ਕਿੰਝ ਬਲਦੀ ਅੱਗ ਨੂੰ ਠਾਰਨਾ ਏਂ!!
ਸ਼ਹੀਦਾਂ ਦੇ ਸਰਤਾਜ,ਸ਼ਾਂਤੀ ਦੇ ਪੁੰਜ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਤੇ ਕੋਟ ਕੋਟ ਪ੍ਰਣਾਮ।
ਰਜਨੀਸ਼(ਚੰਨ)