ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ – ਭਾਗ 1
ਆਉ ਆਪਾ ਵੀ ਅੱਜ ਤੋ 10 ਕੁ ਦਿਨ ਦੇ ਇਤਿਹਾਸ ਰਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨਾਲ ਜੁੜੀਏ ਜੀ ।
ਭਾਗ 1
ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ ਧਾਰਮਿਕ ਗੱਦੀ ਤੇ ਬੇਠੇ ਰੂਹਾਨੀ ਰਹਿਬਰ , ਤਖ਼ਤ ਤੇ ਬੇਠੇ ਸ਼ਹਿਨਸ਼ਾਹਾਂ ਦੇ ਸ਼ਹਿਨਸ਼ਾਹ, ਮੈਦਾਨੇ ਜੰਗ ਵਿਚ ਮਹਾਂ ਯੋਧਾ ਤੇ ਸੰਗਤ ਵਿਚ ਬੈਠੇ ਫ਼ਕੀਰ ਲਗਦੇ ਸਨ“। ਚਾਹੇ ਉਹਨਾਂ ਨੇ ਸ਼ਾਹੀ ਠਾਠ ਬਾਟ ਵੀ ਰਖੇ, ਪਰ ਦਿਲੋ–ਦਿਮਾਗ ਤੋਂ ਓਹ ਹਮੇਸ਼ਾਂ ਫਕੀਰ ਹੀ ਰਹੇ, ਸ਼ਾਇਦ ਇਸ ਲਈ ਉਹਨਾਂ ਨੂੰ ਬਾਦਸ਼ਾਹ ਦਰਵੇਸ਼ ਕਿਹਾ ਜਾਂਦਾ ਹੈ। ਉਹਨਾ ਨੇ ਇਨਸਾਨੀਅਤ ਦੇ ਹਰ ਪਖ ਨੂੰ ਇਸ ਢੰਗ ਨਾਲ ਸਵਾਰਿਆ, ਸਜਾਇਆ ਤੇ ਵਿਕਸਿਤ ਕੀਤਾ ਕੀ ਦੇਖਣ ਸੁਣਨ ਤੇ ਪੇਖਣ ਵਾਲੇ ਹੈਰਾਨ ਰਹਿ ਜਾਂਦੇ ਹਨ।
ਉਹਨਾਂ ਦਾ ਉਚਾ ਲੰਬਾ ਕਦ , ਨੂਰਾਨੀ ਚੇਹਰਾ, ਅਖਾਂ ਵਿਚ ਅਜਿਹੀ ਚਮਕ ਸੀ ਕੀ ਲੋਕਾਂ ਦੀਆਂ ਅਖਾਂ ਚੁੰਧਿਆ ਜਾਂਦੀਆਂ ਸਨ । ਕਮਾਲ ਦੇ ਘੋੜ ਸਵਾਰ ,ਖੁਲੀ ਕੁਦਰਤ ਦੇ ਸ਼ੋਕੀਨ, ਦਰ੍ਬਾਰ ਵਿਚ ਆਓਂਦੇ ਤਾ ਕੀਮਤੀ ਲਿਬਾਸ ,ਅਸਤਰ ਸ਼ਸ਼ਤਰ ਸਜਾਕੇ ; ਬਾਦਸ਼ਾਹਾਂ ਵਾਂਗ ਕਲਗੀ ਲਗਾਕੇ , ਸ਼ਿਕਾਰ ਤੇ ਜਾਣਾ ਹੋਵੇ ਤਾਂ ਸੁੰਦਰ ਤੇਜ ਤਰਾਰ ਘੋੜੇ ਦੀ ਸਵਾਰੀ ਕਰਦੇ, ਖਬੇ ਹਥ ਵਿਚ ਬਾਜ਼ ਤੇ ਉਸਦੀਆਂ ਡੋਰਾਂ ਹੁੰਦੀਆ ਤੇ ਨਾਲ ਘੋੜ ਸਵਾਰ ਸਿੰਘ । ਓਹ ਇਕ ਮਹਾਨ ਜਰਨੈਲ , ਉਚ ਕੋਟੀ ਦੇ ਵਿਦਵਾਨ , ਅਜ਼ੀਮ ਸਹਿਤਕਾਰ , ਗੁਰਬਾਣੀ ਸੰਗੀਤ ਦੇ ਰਸੀਏ , ਸਰਬੰਸਦਾਨੀ . ਅਮ੍ਰਿਤ ਦੇ ਦਾਤੇ , ਭਗਤੀ ਤੇ ਸ਼ਕਤੀ ਦੇ ਮੁਜਸਮੇ , ਮਰਦ –ਏ– ਮੈਦਾਨ , ਸ਼ਸ਼ਤਰ ਤੇ ਸ਼ਾਸ਼ਤਰ ਦੇ ਧਨੀ , ਸੰਤ –ਸਿਪਾਹੀ , ਸਹਿਬ –ਏ –ਕਮਾਲ , ਮਰਦ –ਅਗੰਮੜੇ, ਦੁਸ਼ਟ– ਦਮਨ , ਸਾਹਸ, ਸਿਦਕ ,ਸਬਰ , ਦ੍ਰਿੜਤਾ ਤੇ ਚੜਦੀ ਕਲਾ ਦੇ ਮਾਲਕ ,ਆਦਰਸ਼ਕ ਗ੍ਰਿਹ੍ਸਤੀ , ਚੰਗੇ ਪੁਤਰ , ਪਿਆਰੇ ਪਿਤਾ ਤੇ ਨੇਕ ਪਤੀ ,ਇਸ ਤੋਂ ਵਧ ਮੇਰੇ ਲਫਜ਼ ਖਤਮ ਹੋ ਜਾਂਦੇ ਹਨ , ਕਲਮ ਜਵਾਬ ਦੇ ਗਈ ਹੈ । ਬਸ ਇਹ ਹੀ ਕਹਿ ਸਕਦੀ ਹਾਂ।
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ
ਤੂ ਸਾਹਿਬ ਗੁਣੀ ਨਿਧਾਨਾ ।।
ਉਹ ਇਕ ਨਿਡਰ ਬਹਾਦਰ , ਨਾ ਡਰਨਾ ਨਾ ਡਰਾਨਾ, ਦੀ ਸੋਚ ਰਖਦੇ ਸੀ ,ਚਾਹੇ ਉਹ ਪਹਾੜੀ ਰਾਜੇ ਹੋਣ ਜਾਂ ਮੁਗਲ ਹਕੂਮਤ ਦੇ ਹੁਕਮਰਾਨ, ਜੁਲਮ ਤੇ ਜਬਰ ਨਾਲ ਸਮਝੋਤਾ ਕਰਨ ਦੇ ਉਹ ਹਰਗਿਜ਼ ਕਾਇਲ ਨਹੀ ਸੀ ।
ਸੂਫ਼ੀ ਕਿਬਰਿਆ ਖਾਨ ਨੇ ਆਪਣੇ ਅੰਦਾਜ਼ ਵਿਚ ਲਿਖਿਆ ਹੈ :
ਕਿਆ ਦਸ਼ਮੇਸ਼ ਪਿਤਾ ਤੇਰੀ ਬਾਤ ਕਹੂੰ ਜੋ ਤੂਨੇ ਪਰਉਪਕਾਰ ਕੀਏ
ਇਕ ਖਾਲਸ ਖਾਲਸਾ ਪੰਥ ਸਜਾ , ਜਾਤੋ ਕੇ ਭੇਦ ਨਿਕਾਲ ਦੀਏ
ਉਸ ਮੁਲਕ–ਏ –ਵਤਨ ਕੀ ਖਿਦਮਤ ਮੈ , ਕਹੀ ਬਾਪ ਦੀਆ ਕਹੀ ਲਾਲ ਦੀਏ ।।
ਜੇਕਰ ਉਨਾਂ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ ਕਿਸੇ ਇਕ ਜਗਹ ਤੇ ਦੇਖਣੀਆਂ ਹੋਣ ਤਾਂ ਓਹ ਹੈ ਗੰਜਨਾਮਾ ਜਿਸ ਵਿਚ ਭਾਈ ਨੰਦ ਲਾਲ, ਜੋ ਉਨਾਂ ਦੇ 52 ਕਵੀਆਂ ਵਿਚੋ ਇਕ ਸੀ ,ਦੇ ਸ਼ੇਅਰ ਹਨ , ਜਿਸ ਵਿਚ ਓਹਨਾਂ ਨੇ ਲਿਖਿਆ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖਸ਼ੀਅਤ ਅੱਤ ਸੱਦ ਨੂੰ ਰੋਸ਼ਨ ਕਰਨ ਵਾਲੀਆਂ ਨੋਂ ਮਸ਼ਾਲਾਂ ਦਾ ਨਜ਼ਾਰਾ ਦਰਸਾਉਣ ਵਾਲੀ ਤੇ ਝੂਠ ਅਤੇ ਕੁਸਤਿ ਦੀ ਰਾਤ ਦੇ ਅੰਧੇਰਾ ਨੂੰ ਦੂਰ ਕਰਨ ਵਾਲੀ ਹੈ । ਉਨਾ ਦੀਆਂ 200 ਤੋਂ ਵਧ ਸਿਫਤਾਂ ਬਿਆਨ ਕਰਦਿਆਂ ਕਰਦਿਆਂ ਆਖਿਰ ਲਾਜਵਾਬ ਹੋਕੇ ਕਿਹਾ ,’ਬਸ ਇਹੋ ਕਹਿ ਸਕਦਾਂ ਹਾਂ ਕੀ ਤੇਰੇ ਚਰਨਾ ਤੇ ਸਿਰ ਰਖਾਂ ਤੇ ਮੇਰੀ ਜਾਨ ਨਿਕਲ ਜਾਏ। ਓਹ ਗੁਰੂ ਸਾਹਿਬ ਦੀ ਇਕ ਇਕ ਸਿਫਤ ਦਾ ਇਤਨਾ ਦੀਵਾਨਾ ਸੀ ਕਿ ਉਹਨਾ ਤੋ ਬਿਨਾ ਕੁਝ ਹੋਰ ਉਸ ਨੂੰ ਦਿਖਦਾ ਜਾ ਸੁਝਦਾ ਹੀ ਨਹੀਂ ਸੀ।
ਕਿਸੇ ਵਕ਼ਤ ਇਹ ਔਰੰਗਜ਼ੇਬ ਦੇ ਪੁਤਰ ਮੁਆਜਮ ,ਬਹਾਦੁਰ ਸ਼ਾਹ ਨੂੰ ਫਾਰਸੀ ਪੜਾਂਦਾ ਸੀ । ਇਹ ਫ਼ਾਰਸੀ ਦਾ ਬਹੁਤ ਵਡਾ ਵਿਦਵਾਨ ਸੀ। ਫ਼ਾਰਸੀ ਦੀ ਚਿਠੀ ਦਾ ਤਜ਼ਰੁਮਾ ਕਰਣ ਲਈ ਇਕ ਵਾਰੀ ਓਹ ਔਰੰਗਜ਼ੇਬ ਦੇ ਦਰਬਾਰ ਵਿਚ ਆਇਆ ਉਸ ਨੇ ਚਿਠੀ ਦਾ ਤਜਰਮਾ ਇਤਨਾ ਸੋਹਣੇ ਢੰਗ ਨਾਲ ਕੀਤਾ ਕੀ ਔਰੰਗਜ਼ੇਬ ਨੇ ਕੰਨਾ ਨੂੰ ਹਥ ਲਗਾਏ । ਦਰਬਾਰੀਆਂ ਤੋ ਇਸਦਾ ਦਾ ਨਾਂ ਪੁਛਿਆ । ਜਦ ਔਰੰਗਜ਼ੇਬ ਨੂੰ ਪਤਾ ਚਲਿਆ ਕੀ ਇਹ ਹਿੰਦੂ ਹੈ ਤਾਂ ਉਸਨੇ ਦਰਬਾਰੀਆਂ ਨੂੰ ਹਿਤਾਇਤ ਦਿਤੀ ਕਿ ਜਾਂ ਤਾ ਇਸ ਨੂੰ ਦੀਨ–ਏ–ਇਸਲਾਮ ਵਿਚ ਲੈ ਆਉ ਜਾ ਇਸਦਾ ਕਤਲ ਕਰ ਦਿਉ । ਉਸ ਕੋਲੋਂ ਬਰਦਾਸ਼ਤ ਨਹੀਂ ਹੋਇਆ ਕਿ ਇਤਨਾ ਕਾਬਿਲ ਇਨਸਾਨ ਕਿਸੇ ਦੂਸਰੇ ਮਹਜਬ ਦੀ ਸ਼ਾਨ ਹੋਵੇ । ਇਹ ਗਲ ਔਰੰਗਜ਼ੇਬ ਦੇ ਬੇਟੇ ਤਕ ਵੀ ਪਹੁੰਚ ਗਈ । ਉਸਨੇ ਨੰਦ ਲਾਲ ਨੂੰ ਦਸਿਆ । ਨੰਦ ਲਾਲ ਘਬਰਾ ਗਿਆ ਤੇ ਪੁਛਣ ਲਗਾ ਕੀ ਮੈਨੂੰ ਆਪਣੀ ਜਾਨ ਤੇ ਧਰਮ ਦੋਨੋ ਪਿਆਰੇ ਹਨ , ਐਸੀ ਕਿਹੜੀ ਥਾਂ ਹੈ ਜਿਥੇ ਮੈਂ ਦੋਨੋ ਨੂੰ ਬਚਾ ਸਕਾਂ । ਤਾਂ ਔਰੰਗਜ਼ੇਬ ਦੇ ਪੁਤਰ ਨੇ ਕਿਹਾ ਕੀ ਜੇ ਤੂੰ ਆਪਣੇ ਜਾਨ ਤੇ ਧਰਮ ਦੀ ਸਲਾਮਤੀ ਚਾਹੁੰਦਾ ਹੈ ਤਾਂ ਆਨੰਦਪੁਰ ਚਲਾ ਜਾ । ਨੰਦ ਲਾਲ ਰਾਤੋ ਰਾਤ ਆਪਣੇ ਮੁਸਲਮਾਨ ਪ੍ਰਬੰਧਕ ਤੇ ਅਨੁਯਾਈ ਦੀ ਮਦਤ ਨਾਲ ਆਗਰੇ ਦੇ ਕਿਲੇ ਤੋਂ ਬਚ ਨਿਕਲਿਆ ਤੇ ਅਨੰਦ ਪੁਰ ਸਾਹਿਬ ਜਾ ਪੁਜਾ।
ਗੁਰੂ ਸਾਹਿਬ ਇਸਦੀ ਵਿਦਵਤਾ ਦੇਖ ਕੇ ਬੜੇ ਖੁਸ਼ ਹੋਏ । ਪਰ ਕਿਤੇ ਹੰਕਾਰ ਨਾ ਹੋ ਜਾਏ ਇਸ ਲਈ ਇਸ ਨੂੰ ਲੰਗਰ ਦੇ ਭਾਂਡੇ ਮਾਂਜਣ ਦੀ ਸੇਵਾ ਤੇ ਲਗਾ ਦਿਤਾ । ਨੰਦ ਲਾਲ ਨੂੰ ਇਹ ਸੇਵਾ ਚੰਗੀ ਨਾ ਲਗੀ । ਬੜਾ ਹੈਰਾਨ ਹੋਕੇ ਸੋਚਣ ਲਗਾ ਕੀ ਇਹਨਾ ਨੂੰ ਤਾਂ ਮੈਨੂੰ ਕਵਿਤਾਂ ਜਾ ਕੁਝ ਲਿਖਿਆ ਸੁਣਾਣ ਵਾਸਤੇ ਕਹਿਣਾ ਚਾਹੀਦਾ ਸੀ , ਭਾਂਡੇ ਮਾਜਣ ਤੇ ਲਗਾ ਦਿਤਾ ਹੈ । ਖੈਰ ਹੁਕਮ ਤਾਂ ਮੰਨਨਾ ਹੀ ਪੈਣਾ ਸੀ । ਖੈਰ ਭਾਡੇ ਮਾਂਜਦਿਆਂ ਮਾਂਜਦਿਆਂ ਮਨ ਦਾ ਹੰਕਾਰ ਵੀ ਹੋਲੀ ਹੋਲੀ ਸਾਫ਼ ਹੁੰਦਾ ਗਿਆ । ਕੁਝ ਚਿਰ ਮਗਰੋ ਲੰਗਰ ਦੀ ਸ਼ਾਖ ਦਾ ਮੁਖੀ ਬਣਾ ਦਿਤਾ ਗਿਆ।
ਇਕ ਦਿਨ ਗੁਰੂ ਸਾਹਿਬ ਨੇ ਲੰਗਰ ਦੇ ਪ੍ਰਬੰਧ ਦਾ ਨਰੀਖਸ਼ਣ ਕਰਨ ਦਾ ਸੋਚਿਆ , ਭੇਸ ਬਦਲ ਕੇ ਸਭ ਦੇ ਲੰਗਰ–ਖਾਨਿਆ ਵਿਚ ਗਏ ਤੇ ਕਿਹਾ ,” ਮੈਂ ਦੋ ਦਿਨ ਦਾ ਭੁਖਾ ਹਾਂ ਬੜੀ ਦੂਰੋਂ ਚਲ ਕੇ ਆਇਆ ਹਾਂ ਭੁਖ ਲਗੀ ਹੈ ਕੁਝ ਖਾਣ ਨੂੰ ਦੇ ਦਿਓ ” । ਲੰਗਰ ਦਾ ਵਕਤ ਨਹੀਂ ਸੀ ,ਹਰ ਇਕ ਮੁਖੀਏ ਨੇ ਕਹਿ ਦਿਤਾ ਕੀ ਅਜੇ ਲੰਗਰ ਦਾ ਵਕਤ ਨਹੀਂ ਹੋਇਆ , ਲੰਗਰ ਤਿਆਰ ਨਹੀਂ ਹੈ , ਕੁਝ ਚਿਰ ਬਾਅਦ ਵਿਚ ਆਣਾ । ਫਿਰ ਭਾਈ ਨੰਦ ਲਾਲ ਦੇ ਲੰਗਰ ਵਿਚ ਗਏ ਤੇ ਬੋਲੇ ਮੈਂ ਬੜੀ ਦੂਰੋਂ ਚਲ ਕੇ ਆਇਆ ਹਾਂ ਥਕਿਆ ਹੋਇਆਂ ਹਾਂ ਦੋ ਦਿਨ ਤੋਂ ਕੁਝ ਖਾਧਾ ਨਹੀ, ਕੁਝ ਖਾਣ ਨੂੰ ਹੈ ਤਾਂ ਦੇ ਦਿਉ । ਨੰਦ ਲਾਲ ਬੜੇ ਪਿਆਰ ਸਤਕਾਰ ਨਾਲ ਉਨਾ ਨੂੰ ਮੰਜੇ ਤੇ ਬਿਠਾਇਆ , ਥਕਾਨ ਉਤਾਰਨ ਲਈ ਗਰਮ ਪਾਣੀ ਨਾਲ ਉਨਾ ਦੇ ਪੈਰ ਧੋਤੇ ਤੇ ਬੋਲੇ ਤੁਸੀਂ ਥੋੜਾ ਆਰਾਮ ਕਰੋ ਮੈਂ ਹੁਣੇ ਕੁਝ , ਜੋ ਵੀ ਜਲਦੀ ਜਲਦੀ ਬਣ ਸਕਦਾ ਹੈ ਲੈਕੇ ਆਂਦਾ ਹਾਂ । ਜੋ ਕੁਝ ਬਣਿਆ ਲੈਕੇ ਆਏ ਬੜੇ ਪਿਆਰ ਸਤਕਾਰ ਨਾਲ ਖੁਆਇਆ । ਗੁਰੂ ਸਾਹਿਬ ਨੇ ਆਪਣੀ ਚੇਹਰੇ ਤੋ ਚਾਦਰ ਲਾਹੀ ਤੇ ਕਹਿਣ ਲਗੇ ” ਮੈਂ ਬਹੁਤ ਖੁਸ਼ ਹਾਂ ਨੰਦ ਲਾਲ ਕੁਝ ਮੰਗ ਲੈ “। ਤਾਂ ਨੰਦ ਲਾਲ ਨੇ ਕੀ ਮੰਗਿਆ ,”ਬਸ ਆਪਣੇ ਚਰਨਾ ਵਿਚ ਥਾਂ ਦੇ ਦਿਉ ਇਸਤੋ ਵਧ ਮੈਨੂੰ ਕੁਝ ਨਹੀਂ ਚਾਹਿਦਾ “।
ਇਕ ਵਾਰੀ ਗੁਰੂ ਸਾਹਿਬ ਨੰਦ ਲਾਲ ਤੇ ਕੁਝ ਹੋਰ ਸਿਖਾਂ ਨਾਲ ਸੈਰ ਕਰਨ ਨੂੰ ਜਾ ਰਹੇ ਸੀ । ਰਸਤੇ ਵਿਚੋਂ ਉਹਨਾ ਨੇ ਇਕ ਪਥਰ ਚੁਕਿਆ , ਨਦੀ ਵਿਚ ਸੁਟਿਆ ਤੇ ਸਿਖਾਂ ਤੋਂ ਪੁਛਣ ਲਗੇ ਕੀ ਇਹ ਪਥਰ ਕਿਓਂ ਡੁਬਿਆ ਹੈ ? ਸਿਖਾਂ ਨੇ ਕਿਹਾ ਕੀ ਪਥਰ ਭਾਰੀ ਹੁੰਦਾ ਹੈ ਇਸ ਲਈ ਪਾਣੀ ਵਿਚ ਡੁਬ ਗਿਆ ਹੈ, ਥੋੜੀ ਦੂਰ ਜਾਕੇ ਫਿਰ ਇਕ ਹੋਰ ਪਥਰ ਚੁਕਿਆ , ਨਦੀ ਵਿਚ ਸੁਟਿਆ , ਫਿਰ ਓਹੀ ਸਵਾਲ , ਤੀਸਰੀ ਵਾਰੀ ਫਿਰ ਪਥਰ ਸੁਟ ਕੇ ਓਹੀ ਸਵਾਲ ਪਥਰ ਡੁਬਿਆ ਕਿਓਂ ਹੈ । ਬਾਰ ਬਾਰ ਇਕੋ ਸਵਾਲ ਤੇ ਇਕ ਸਿਖ ਨੇ ਥੋੜੇ ਖਿਝ ਕੇ ਕਿਹਾ ਪਾਤਸ਼ਾਹ ਕੀ ਕਰਦੇ ਹੋ , ਪਥਰ ਚੁਕਦੇ ਹੋ , ਸੁਟਦੇ ਹੋ ਤੇ ਮੁੜ ਮੁੜ ਕੇ ਉਹੀ ਸਵਾਲ ਕਰਦੇ ਹੋ । ਤੁਹਾਨੂੰ ਵੀ ਪਤਾ ਹੈ ਕੀ ਪਥਰ ਭਾਰੀ ਹੈ ਇਸ ਲਈ ਡੁਬ ਗਿਆ ਹੈ ।ਚੌਥੀ ਵਾਰ ਫਿਰ ਪਥਰ ਨਦੀ ਵਿਚ ਸੁਟਿਆ ਤੇ ਸਵਾਲ ਕੀਤਾ ਨੰਦ ਲਾਲ ਪਥਰ ਡੁਬਿਆ ਕਿਓਂ ਹੈ ? ਇਸ ਵਾਰੀ ਸਿਖਾਂ ਨੂੰ ਨਹੀ ਨੰਦ ਲਾਲ ਤੋਂ ਪੁਛਦੇ ਹਨ ਨੰਦ ਲਾਲ ਚੁਪ, ਫਿਰ ਕਿਹਾ ਨੰਦ ਲਾਲ ਮੈਂ ਤੇਰੇ ਕੋਲੋਂ ਪੁਛ ਰਿਹਾਂ ਹਾਂ ਪਥਰ ਡੁਬਿਆ ਕਿਓਂ ਹੈ । ਨੰਦ ਲਾਲ ਦੇ ਅਖਾਂ ਵਿਚ ਹੰਜੂ ਸੀ ,ਕਹਿਣ ਲਗਾ ,” ਪਾਤਸ਼ਾਹ , ਨਾ ਮੈਂ ਪਾਣੀ ਦੇਖਿਆ .ਨਾ ਪਥਰ ,ਮੈਨੂੰ ਤਾ ਬਸ ਇਤਨਾ ਪਤਾ ਹੈ ਕੀ ਜੋ ਤੇਰੇ ਹਥੋਂ ਛੁਟ ਗਿਆ ਓਹ ਡੁਬ ਗਿਆ।
ਇਤਨੀ ਸ਼ਰਧਾ ਤੇ ਪਿਆਰ ਸੀ ਉਸਦਾ ਗੁਰੂ ਸਹਿਬ ਨਾਲ । ਨੰਦ ਲਾਲ ਦਾ ਜਵਾਬ ਸੁਣ ਕੇ ਗੁਰੂ ਸਾਹਿਬ ਨੇ ਕੁਝ ਮੰਗਣ ਲਈ ਕਿਹਾ ਤਾਂ ਉਸਦਾ ਜਵਾਬ ਸੀ , ਮੈਂ ਕੀ ਮੰਗਾ ? ਤੁਹਾਡੇ ਚਿਹਰੇ ਵਿਚੋਂ ਮੈਨੂ ਸਾਰੀ ਕਾਇਨਾਤ ਦੇ ਦਰਸ਼ਨ ਹੁੰਦੇ ਹਨ ਤੇ ਕੇਸਾਂ ਵਿਚੋ ਲੋਕ ਪ੍ਰਲੋਕ ਦੇ । ਇਸਤੋਂ ਵਧ ਮੈਨੂ ਕੀ ਚਾਹਿਦਾ ਹੈ ? ਜਦ ਗੁਰੂ ਸਾਹਿਬ ਨੇ ਫਿਰ ਵੀ ਮੰਗਣ ਲਈ ਕਿਹਾ ਤਾਂ ਨੰਦ ਲਾਲ ਨੇ ਇਕ ਬੜੀ ਖੂਬਸੂਰਤ ਗਲ ਕਹੀ ਕੀ ਬਸ ਮੇਰੀ ਇਕ ਮੰਗ ਹੈ ਕੀ ਜਦੋ ਮੈਂ ਮਰਾਂ ਤਾਂ ਮੇਰੇ ਤਨ ਦੀ ਸਵਾਹ ਤੁਹਾਡੇ ਚਰਨਾਂ ਤੋ ਸਿਵਾ ਕਿਸੀ ਹੋਰ ਦੇ ਪੈਰਾਂ ਨੂੰ ਨਾ ਲਗੇ । ਇਸਤੋਂ ਬਾਅਦ ਉਹ ਗੁਰੂ ਤੋ ਕਦੇ ਵਿਛੜਿਆ ਨਹੀ ਤਦ ਤਕ ਜਦ ਤਕ ਗੁਰੂ ਸਾਹਿਬ ਨੇ ਆਨੰਦਪੁਰ ਦਾ ਕਿਲਾ ਖਾਲੀ ਕਰਨ ਸਮੇ ਉਸ ਨੂੰ ਖੁਦ ਵਾਪਸ ਨਹੀਂ ਭੇਜਿਆ । ਵਿਛੜਨ ਵੇਲੇ ਨੰਦ ਲਾਲ ਦੇ ਅਖਾਂ ਵਿਚ ਅਥਰੂ ਸਨ , ਕਹਿਣ ਲਗਾ ਕੀ ਪਾਤਸ਼ਾਹ ਮੇਰਾ ਵੀ ਦਿਲ ਕਰਦਾ ਹੈ ਕਿ ਮੈਂ ਅਮ੍ਰਿਤ ਬਾਟੇ ਦੀ ਪਾਹੁਲ ਲੈਕੇ ਸਿੰਘ ਸਜਾਂ , ਹੋਰ ਕੁਝ ਨਹੀ ਤਾਂ ਆਪਣੇ ਪਿਆਰੇ ਦੇ ਖੇਮੇ ਦੇ ਬਾਹਰ ਖੜਾ ਹੋਕੇ ਪਹਿਰਾ ਦਿਆਂ , ਤਾਂ ਗੁਰੂ ਸਾਹਿਬ ਨੇ ਉਸਦੇ ਹਥ ਕਲਮ ਪਕੜਾ ਦਿਤੀ ਤੇ ਕਹਿਣ ਲਗੇ ” ਇਹ ਸੂਰੇ ਦੀ ਤਲਵਾਰ ਵਾਗ ਚਲੇ । ਤੇਗ ਵਾਲੀਆਂ ਨੇ ਤੇਗ ਵਾਹੁਣੀ ਹੈ ਤੇ ਤੁਸੀਂ ਕਲਮ। ਇਕ ਸਿਪਾਹੀ ਦੀਆਂ ਬਾਹਾਂ ਨਾਲੋ ਵਧ ਤਾਕਤ ਇਸ ਕਲਮ ਵਿਚ ਹੈ, ਇਹੀ ਨੇਕੀ, ਧਰਮ,ਸਿਮਰਨ ਤੇ ਸ਼ੁਭ ਆਚਰਣ ਸਿਖਾਵੇ ,ਇਹੀ ਤੁਹਾਡੇ ਵਾਸਤੇ ਹੁਕਮ ਹੈ “। ਗੁਰੂ ਸਾਹਿਬ ਵਲੋਂ ਉਸ ਨੂੰ ਮੁਲਤਾਨ ਵਾਪਸ ਜਾਂਣ ਦੀ ਆਗਿਆ ਹੋਈ । ਨੰਦ ਲਾਲ ਦੀ ਕਲਮ ਵਿਚੋਂ ਨਿਕਲੀਆਂ ਗੁਰੂ ਸਹਿਬ ਬਾਰੇ ਕੁਝ ਸਤਰਾਂ :
ਨਾਸਰੋ ਮਨਸੂਰ ਗੁਰੂ ਗੋਬਿੰਦ ਸਿੰਘ
ਏਜਦੀ ਮਨੂੰਰ ਗੁਰੂ ਗੋਬਿੰਦ ਸਿੰਘ
ਹਕ ਹਕ ਮਨਜੂਰ ਗੁਰੂ ਗੋਬਿੰਦ ਸਿੰਘ
ਜੁਮਲਾ ਫੈਜ਼ੀਨੂਰ ਗੁਰੂ ਗੋਬਿੰਦ ਸਿੰਘ
ਹਕ ਹਕ ਆਗਾਹ ਗੁਰੂ ਗੋਬਿੰਦ ਸਿੰਘ
ਸ਼ਾਹੇ ਸ਼ਹਿਨਸ਼ਾਹ ਗੁਰੂ ਗੋਬਿੰਦ ਸਿੰਘ
ਖਾਲਸੇ ਬੇ ਦੀਨਾ ਗੁਰੂ ਗੋਬਿੰਦ ਸਿੰਘ
ਹਕ ਹਕ ਆਇਨਾ ਗੁਰੂ ਗੋਬਿੰਦ ਸਿੰਘ
ਹਕ ਹਕ ਅੰਦੇਸ਼ ਗੁਰੂ ਗੋਬਿੰਦ ਸਿੰਘ
ਬਾਦਸ਼ਾਹ ਦਰਵੇਸ ਗੁਰੂ ਗੋਬਿੰਦ ਸਿੰਘ
( ਚਲਦਾ )
Beautifully explained Sikh History.It ia also need of hour.