15 ਨਵੰਬਰ – ਗੁਰਗੱਦੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਪਾਵਨ ਦਿਹਾੜੇ ਦੀ ਸੰਗਤ ਨੂੰ ਵਧਾਈ ਹੋਵੇ।
ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।ਗੁਰੂ ਗ੍ਰੰਥ ਸਾਹਿਬ ‘ਚ 6 ਗੁਰੂ ਸਾਹਿਬਾਨਾਂ, 15 ਭਗਤਾਂ, 11 ਭੱਟਾਂ ਤੇ 3 ਗੁਰਸਿੱਖਾਂ ਦੀ ਬਾਣੀ ਦਰਜ ਹੈ ਅਤੇ 20 ਅਕਤੂਬਰ 1708 ਨੂੰ ਹਜ਼ੂਰ ਸਾਹਿਬ ਨੰਦੇੜ(ਮਹਾਰਾਸ਼ਟਰ) ਵਿਖੇ ਗੁਰੂ ਗੋਬਿੰਦ ਸਿੰਘ ਜੀ ਨੇ ਗੁਰਗੱਦੀ ਬਖਸੀ। ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ ਅਤੇ ਦੁਨੀਆਂ ਦਾ ਪਹਿਲਾਂ ਗ੍ਰੰਥ ਹੈ ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ।ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ।ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ।ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ।ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।