13 ਅਪ੍ਰੈਲ ਦਾ ਇਤਿਹਾਸ – ਖਾਲਸਾ ਪੰਥ ਦੀ ਸਥਾਪਨਾ
ਸੰਨ 1664 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅਨੰਦਪੁਰ ਸਾਹਿਬ ਗੁਰਦੁਆਰੇ ਦੀ ਉਸਾਰੀ ਕਰਵਾਈ ਸੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਗੁਰਦੁਆਰੇ ਵਿੱਚ 25 ਸਾਲ ਤੋਂ ਵੱਧ ਸਮਾਂ ਬਿਤਾਇਆ ਸੀ।
1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ ਅਤੇ ਆਪ ਜੀ ਨੇ ਸਭ ਤੋਂ ਪਹਿਲਾਂ ਪੰਜਾਂ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਸਾਜਿਆ।
ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।